ਪਟਿਆਲਾ, 30 ਅਗਸਤ – (ਨਿਊਜ਼ਲਾਈਨ ਐਕਸਪ੍ਰੈਸ ਬਿਊਰੋ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਪੰਜਵੀਂ ਪ੍ਰਤੀਯੋਗਤਾ ਸਾਜ਼ ਵਾਦਨ ਭਲਕੇ 31 ਅਗਸਤ ਤੋਂ ਆਰੰਭ ਹੋਵੇਗੀ।
ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਇਨ੍ਹਾਂ ਮੁਕਾਬਲਿਆਂ ਦੇ ਹੁਣ ਤੱਕ ਸ਼ਬਦ ਗਾਇਨ, ਗੀਤ ਗਾਇਨ, ਕਵਿਤਾ ਉਚਾਰਨ ਤੇ ਭਾਸ਼ਨ ਮੁਕਾਬਲੇ ਹੋ ਚੁੱਕੇ ਹਨ ਜਿਨ੍ਹਾਂ ਵਿੱਚ ਪਟਿਆਲਾ ਜ਼ਿਲ੍ਹੇ ਦੇ ਰਾਜ ਭਰ ‘ਚੋਂ ਸਭ ਤੋਂ ਵੱਡੀ ਗਿਣਤੀ ‘ਚ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਉਪਦੇਸ਼ਾਂ, ਕੁਰਬਾਨੀ ਤੇ ਉਸਤਤ ‘ਤੇ ਅਧਾਰਤ ਪੇਸ਼ਕਾਰੀਆਂ ਰਾਹੀਂ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਹਰਿੰਦਰ ਕੌਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਇੰਜ. ਅਮਰਜੀਤ ਸਿੰਘ ਦੀ ਦੇਖ-ਰੇਖ ‘ਚ ਕਰਵਾਏ ਜਾ ਰਹੇ ਇਨ੍ਹਾਂ ਸਕੂਲ ਪੱਧਰ ਦੇ ਸਾਜ਼ ਵਾਦਨ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 31 ਅਗਸਤ ਤੋਂ 4 ਸਤੰਬਰ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। ਇਸ ਮੁਕਾਬਲੇ ਲਈ ਪ੍ਰਾਇਮਰੀ ਵਰਗ ਦਾ ਸਮਾਂ 3 ਤੋਂ 4 ਮਿੰਟ, ਮਿਡਲ ਤੇ ਸੈਕੰਡਰੀ ਵਰਗ ਲਈ 4 ਤੋਂ 6 ਮਿੰਟ ਦਾ ਸਮਾਂ ਹੋਵੇਗਾ। 5 ਸਤੰਬਰ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ। ਇਸ ਤੋਂ ਅੱਗੇ ਬਲਾਕ, ਜ਼ਿਲ੍ਹਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ।
ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ (ਐਲੀ.) ਮਨਵਿੰਦਰ ਕੌਰ ਭੁੱਲਰ ਤੇ ਜ਼ਿਲ੍ਹਾ ਨੋਡਲ ਅਫ਼ਸਰ (ਸੈ.) ਪ੍ਰਿੰ. ਰਜਨੀਸ਼ ਗੁਪਤਾ, ਮੀਡੀਆ ਕੋਆਰਡੀਨੇਟਰ ਡਾ. ਸੁਖਦਰਸ਼ਨ ਸਿੰਘ ਚਹਿਲ, ਸਹਾਇਕ ਨੋਡਲ ਅਫ਼ਸਰ ਗੋਪਾਲ ਕ੍ਰਿਸ਼ਨ ਤੇ ਰਣਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਾਜ਼ ਵਾਦਨ ਮੁਕਾਬਲੇ ਨੂੰ ਵੀ ਵਿਦਿਆਰਥੀਆਂ ਵੱਲੋਂ ਵੱਡਾ ਹੁੰਗਾਰਾ ਮਿਲਣ ਦੀ ਉਮੀਦ ਹੈ।

Leave a Reply

Your email address will not be published. Required fields are marked *